Asia
ਮਾਚਾਦੋ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣਾ ਨੋਬਲ ਪੀਸ ਮੈਡਲ ਭੇਟ।
ਵਾਸ਼ਿੰਗਟਨ: ਨਾਰਵੇ ਦੇ ਸਿਆਸੀ ਆਗੂਆਂ ਨੇ ਵੈਨੇਜ਼ੂਏਲਾ ਦੀ ਵਿਰੋਧੀ ਨੇਤਾ ਅਤੇ ਨੋਬਲ ਸ਼ਾਂਤੀ ਇਨਾਮ ਜੇਤੂ ਮਾਰੀਆ ਕੋਰੀਨਾ ਮਚਾਡੋ ਵੱਲੋਂ ਆਪਣਾ ਨੋਬਲ ਸ਼ਾਂਤੀ ਇਨਾਮ ਦਾ ਮੈਡਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੌਂਪਣ ਦੇ ਫ਼ੈਸਲੇ ਦੀ ਤਿੱਖੀ ਪ੍ਰੀਤਕਰਿਆ ਸਾਹਮਣੇ ਆਈ ਹੈ। ਨਾਰਵੇ ਦੇ ਨੇਤਾਵਾਂ ਨੇ ਇਸ ਕਦਮ ਨੂੰ “ਬੇਤੁਕਾ” ਦੱਸਿਆ ਹੈ।
ਮਾਰੀਆ ਕੋਰੀਨਾ ਮਚਾਡੋ ਨੇ ਵੀਰਵਾਰ ਨੂੰ ਵਾਈਟ ਹਾਊਸ ਵਿੱਚ ਡੋਨਾਲਡ ਟਰੰਪ ਨੂੰ ਆਪਣਾ ਨੋਬਲ ਸ਼ਾਂਤੀ ਇਨਾਮ ਮੈਡਲ ਭੇਟ ਕੀਤਾ। ਉਨ੍ਹਾਂ ਕਿਹਾ ਕਿ ਇਹ ਮੈਡਲ ਉਹ ਟਰੰਪ ਨੂੰ “ਸਾਡੀ ਆਜ਼ਾਦੀ ਲਈ ਉਨ੍ਹਾਂ ਦੀ ਵਿਲੱਖਣ ਵਚਨਬੱਧਤਾ ਦੀ ਪਹਿਚਾਣ” ਵਜੋਂ ਦੇ ਰਹੀ ਹਨ। ਇਸ ਤੋਂ ਕੁਝ ਘੰਟਿਆਂ ਬਾਅਦ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ’ਤੇ ਲਿਖਿਆ ਕਿ ਮਚਾਡੋ ਨੇ “ਮੇਰੇ ਕੀਤੇ ਕੰਮ ਲਈ ਆਪਣਾ ਨੋਬਲ ਸ਼ਾਂਤੀ ਇਨਾਮ ਮੈਨੂੰ ਪੇਸ਼ ਕੀਤਾ ਹੈ,” ਅਤੇ ਇਸਨੂੰ ਪਰਸਪਰ ਸਨਮਾਨ ਦੀ ਸ਼ਾਨਦਾਰ ਮਿਸਾਲ ਕਰਾਰ ਦਿੱਤਾ।
ਹਾਲਾਂਕਿ, ਨੋਬਲ ਪੀਸ ਸੈਂਟਰ ਨੇ ਸਪਸ਼ਟ ਕੀਤਾ ਹੈ ਕਿ ਮੈਡਲ ਦੀ ਮਾਲਕੀ ਬਦਲੀ ਜਾ ਸਕਦੀ ਹੈ, ਪਰ ਨੋਬਲ ਸ਼ਾਂਤੀ ਇਨਾਮ ਦੇ ਜੇਤੂ ਹੋਣ ਦਾ ਸਨਮਾਨ ਕਿਸੇ ਹੋਰ ਨੂੰ ਸੌਂਪਿਆ ਨਹੀਂ ਜਾ ਸਕਦਾ। ਨਾਰਵੇਜਨ ਨੋਬਲ ਕਮੇਟੀ ਅਤੇ ਨੋਬਲ ਇੰਸਟੀਚਿਊਟ ਪਹਿਲਾਂ ਹੀ ਇਹ ਸਪਸ਼ਟ ਕਰ ਚੁੱਕੇ ਹਨ ਕਿ ਨੋਬਲ ਇਨਾਮ ਨੂੰ ਨਾ ਤਾਂ ਰੱਦ ਕੀਤਾ ਜਾ ਸਕਦਾ ਹੈ, ਨਾ ਸਾਂਝਾ ਅਤੇ ਨਾ ਹੀ ਕਿਸੇ ਹੋਰ ਨੂੰ ਟਰਾਂਸਫਰ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਮਾਰੀਆ ਕੋਰੀਨਾ ਮਚਾਡੋ ਨੂੰ ਪਿਛਲੇ ਮਹੀਨੇ ਓਸਲੋ ਵਿੱਚ ਨੋਬਲ ਸ਼ਾਂਤੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ। ਉਸ ਸਮੇਂ ਨੋਬਲ ਕਮੇਟੀ ਨੇ ਵੈਨੇਜ਼ੂਏਲਾ ਵਿੱਚ ਰਾਸ਼ਟਰਪਤੀ ਨਿਕੋਲਾਸ ਮਾਦੂਰੋ ਦੀ “ਕਠੋਰ ਅਤੇ ਤਾਨਾਸ਼ਾਹ ਸਰਕਾਰ” ਦੇ ਖ਼ਿਲਾਫ਼ ਲੋਕਤੰਤਰ ਲਈ ਮਚਾਡੋ ਦੀ ਲੰਬੀ ਸੰਘਰਸ਼ ਯਾਤਰਾ ਦੀ ਸਿਰਾਹਨਾ ਕੀਤੀ ਸੀ।
ਇਸ ਘਟਨਾ ਤੋਂ ਬਾਅਦ ਮਚਾਡੋ ਵੱਲੋਂ ਨੋਬਲ ਮੈਡਲ ਟਰੰਪ ਨੂੰ ਸੌਂਪਣ ਦੇ ਫ਼ੈਸਲੇ ਨੇ ਅੰਤਰਰਾਸ਼ਟਰੀ ਪੱਧਰ ’ਤੇ ਨਵਾਂ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਹੈ, ਜਿਸ ’ਤੇ ਨਾਰਵੇ ਸਮੇਤ ਕਈ ਦੇਸ਼ਾਂ ਵਿੱਚ ਸਵਾਲ ਉਠਾਏ ਜਾ ਰਹੇ ਹਨ।
ਪਿਛਲੇ ਸਾਲ ਓਸਲੋ ਵਿੱਚ ਮਾਰੀਆ ਕੋਰੀਨਾ ਮਾਚਾਦੋ ਨੂੰ ਨੋਬਲ ਸ਼ਾਂਤੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਉਹ ਵੈਨੇਜ਼ੂਏਲਾ ਤੋਂ ਇੱਕ ਗੁਪਤ ਅਤੇ ਨਾਟਕੀ ਯਾਤਰਾ ਕਰਕੇ ਨਾਰਵੇ ਪਹੁੰਚੀ ਸੀ। ਨੋਬਲ ਕਮੇਟੀ ਨੇ ਇਨਾਮ ਦਿੰਦਿਆਂ ਮਾਚਾਦੋ ਦੀ ਵੈਨੇਜ਼ੂਏਲਾ ਵਿੱਚ ਲੋਕਤੰਤਰ ਦੀ ਬਹਾਲੀ ਲਈ ਲੰਬੀ ਸੰਘਰਸ਼ ਯਾਤਰਾ ਦੀ ਪ੍ਰਸ਼ੰਸਾ ਕੀਤੀ ਅਤੇ ਰਾਸ਼ਟਰਪਤੀ ਨਿਕੋਲਾਸ ਮਾਦੂਰੋ ਦੀ ਸਰਕਾਰ ਨੂੰ “ਕਠੋਰ ਅਤੇ ਤਾਨਾਸ਼ਾਹੀ ਰਾਜ” ਕਰਾਰ ਦਿੱਤਾ ਸੀ।
ਇਸ ਤੋਂ ਬਾਅਦ ਦੇ ਘਟਨਾਕ੍ਰਮ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵੈਨੇਜ਼ੂਏਲਾ ’ਚ ਅਮਰੀਕੀ ਫ਼ੌਜਾਂ ਭੇਜ ਕੇ ਰਾਸ਼ਟਰਪਤੀ ਨਿਕੋਲਾਸ ਮਾਦੂਰੋ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕਰਕੇ ਨਿਊਯਾਰਕ ਲਿਆਂਦਾ ਸੀ। ਇਸ ਵੇਲ਼ੇ ਵੈਨੇਜ਼ੂਏਲਾ ਦੀ ਕਮਾਨ ਵੈਨੇਜ਼ੂਏਲਾ ਦੀ ਉਪ-ਰਾਸ਼ਟਰਪਤੀ ਡੈਲਸੀ ਰੋਡਰੀਗਜ਼ ਦੇ ਹਵਾਲੇ ਹੈ।
ਵਾਈਟ ਹਾਊਸ ਵੱਲੋਂ ਸਾਂਝੀ ਕੀਤੀ ਗਈ ਇੱਕ ਤਸਵੀਰ ਵਿੱਚ ਮਾਰੀਆ ਕੋਰੀਨਾ ਮਾਚਾਦੋ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨੋਬਲ ਪੀਸ ਮੈਡਲ ਇੱਕ ਵੱਡੇ ਸੁਨਹਿਰੀ ਫਰੇਮ ਵਿੱਚ ਸਜ਼ਾ ਕੇ ਦਿੱਤਾ ਗਿਆ । ਫਰੇਮ ਨਾਲ ਲੱਗੇ ਲਿਖਤ ਵਿੱਚ ਕਿਹਾ ਗਿਆ ਹੈ ਕਿ ਇਹ ਤੋਹਫ਼ਾ “ਵੈਨੇਜ਼ੂਏਲਾ ਦੇ ਲੋਕਾਂ ਵੱਲੋਂ ਨਿੱਜੀ ਤੌਰ ’ਤੇ ਧੰਨਵਾਦ ਦੇ ਪ੍ਰਤੀਕ ਵਜੋਂ, ਰਾਸ਼ਟਰਪਤੀ ਟਰੰਪ ਦੀ ਆਜ਼ਾਦ ਵੈਨੇਜ਼ੂਏਲਾ ਯਕੀਨੀ ਬਣਾਉਣ ਲਈ ਕੀਤੀ ਗਈ ਸਿਧਾਂਤਕ ਅਤੇ ਨਿਰਣਾਇਕ ਕਾਰਵਾਈ ਦੀ ਸਵੀਕਾਰਤਾ ਵਿੱਚ ਭੇਟ ਕੀਤਾ ਗਿਆ ਹੈ।”